ਗ੍ਰਿਫਤਾਰ ਕੀਤੇ ਕਿਸਾਨ ਆਗੂ ਨਵਦੀਪ ਸਿੰਘ ਅਤੇ ਸਾਥੀਆਂ ਨੂੰ ਛੁਡਵਾਉਣ ਲਈ 7 ਨੂੰ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਅਤੇ 9 ਨੂੰ ਰੇਲਾਂ ਜਾਮ-ਮਨਜੀਤ ਸਿੰਘ
ਰਾਜਪੁਰਾ/ਮਲੇਰਕੋਟਲਾ, 04 ਅਪ੍ਰੈਲ (ਬਿਉਰੋ): ਸ਼ੰਭੂ ਅਤੇ ਖਨੌਰੀ ਪੰਜਾਬ ਹਰਿਆਣਾ ਦੇ ਬਾਰਡਰਾਂ ਉੱਤੇ ਕਿਸਾਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ 52 ਦਿਨਾਂ ਤੋਂ ਧਰਨਾ ਲਗਾਕੇ ਬੈਠੇ ਹਨ । ਕੇਂਦਰ ਅਤੇ ਸੂਬਾ ਸਰਕਾਰਾਂ ਇਸ ਦੇਸ਼ ਵਿਆਪੀ ਅੰਦੋਲਨ ਨੂੰ ਅਣਗੌਲਿਆਂ ਕਰ ਰਹੀਆਂ ਹਨ । ਸਰਕਾਰਾਂ ਨੇ ਇਸ ਅੰਦੋਲਨ ਨੂੰ ਖਤਮ ਕਰਨ ਲਈ ਬਲ ਪ੍ਰਯੋਗ ਵੀ ਕੀਤਾ ਜਿਸ ਵਿੱਚ ਕਈ ਕਿਸਾਨ ਸ਼ਹੀਦ ਵੀ ਹੋਏ, ਸੈਂਕੜੇ ਕਿਸਾਨ ਜ਼ਖਮੀ ਹੋ ਗਏ, ਕਈਆਂ ਦੀ ਅੱਖਾਂ ਦੀ ਰੌਸ਼ਨੀ ਚਲੀ ਗਈ ਹੈ । ਪਰੰਤੂ ਕਿਸਾਨ ਅੰਦੋਲਨ ਚੜਦੀ ਕਲਾ ਵਿੱਚ ਹੈ । ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਪੰਜਾਬ ਤੋਂ ਸ਼ੁਰੂ ਹੋ ਕੇ ਹਰਿਆਣਾ, ਯੂਪੀ, ਰਾਜਸਥਾਨ, ਮੱਧ ਪ੍ਰਦੇਸ਼ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਦਿਨੋਂ-ਦਿਨ ਫੈਲਦਾ ਜਾ ਰਿਹਾ ਹੈ । ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਘੁਮਾਣ ਅਤੇ ਬਲਕਾਰ ਸਿੰਘ ਬੈਂਸ ਨੇ ਕਿਹਾ ਕਿ 2021 ਦੇ ਕਿਸਾਨ ਅੰਦੋਲਨ ਦੀ ਸਮਾਪਤੀ ਮੌਕੇ ਕੇਂਦਰ ਦੀ ਮੋਦੀ ਸਰਕਾਰ ਨੇ ਐਮਐਸਪੀ ਦੀ ਗਾਰੰਟੀ ਦਾ ਕਾਨੂੰਨ, ਕਿਸਾਨ ਮਜ਼ਦੂਰਾਂ ਦੀ ਕਰਜ਼ਾ ਮਾਫੀ, ਬਿਜਲੀ ਸੋਧ ਕਾਨੂੰਨ ਨੂੰ ਰੱਦ ਕਰਨਾ, ਅੰਦੋਲਨ ਦੌਰਾਨ ਕਿਸਾਨਾਂ ਉੱਤੇ ਦਰਜ ਕੀਤੇ ਪਰਚੇ ਰੱਦ ਕਰਨਾ, ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨਾ, ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣੀਆਂ ਸਮੇਤ ਜੋ ਮੰਗਾਂ ਮੰਨ ਲਈਆਂ ਸਨ ਅੱਜ ਸਾਲਾਂ ਤੋਂ ਬਾਦ ਵੀ ਉਹ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਇਸੇ ਲਈ ਕਿਸਾਨਾਂ ਨੂੰ ਮੁੜ ਤੋਂ ਅੰਦੋਲਨ ਕਰਨਾ ਪੈ ਰਿਹਾ ਹੈ । ਇਸ ਤੋਂ ਇਲਾਵਾ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਅਤੇ ਸਾਥੀਆਂ ਨੂੰ ਮੋਹਾਲੀ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ ਹੈ ।ਸ. ਘੁਮਾਣ ਨੇ ਕਿਹਾ ਕਿ ਸਰਕਾਰਾਂ ਦੇ ਤਾਨਾਸ਼ਾਹੀ ਰਵੱਈਏ ਦੇ ਖਿਲਾਫ ਅੰਦੋਲਨ ਨੂੰ ਹੋਰ ਤਿੱਖਾ ਕਰਨ ਲਈ 7 ਅਪ੍ਰੈਲ ਨੂੰ ਜ਼ਿਲ੍ਹਾ ਪੱਧਰ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਪੁੱਤਲੇ ਫੂਕੇ ਜਾਣਗੇ ਅਤੇ 9 ਅਪ੍ਰੈਲ ਨੂੰ ਰੇਲਵੇ ਟਰੈਕ ਅਣਮਿੱਥੇ ਸਮੇਂ ਲਈ ਜਾਮ ਕੀਤੇ ਜਾਣਗੇ । ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨ ਆਗੂ ਨਵਦੀਪ ਅਤੇ ਉਸਦੇ ਸਾਥੀਆਂ ਨੂੰ ਨਾ ਛੱਡਿਆ ਤਾਂ ਅੰਦੋਲਨ ਨੂੰ ਹੋਰ ਤਿੱਖਾ ਕੀਤਾ ਜਾਵੇਗਾ ।



