ਅਮ੍ਰਿਤਸਰ/ਮਲੇਰਕੋਟਲਾ, 16 ਮਾਰਚ (ਬਿਉਰੋ): ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਨਜ਼ਰਬੰਦ ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਆਗੂ ਆਪਣੇ ਨਾਲ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀਆਂ ਜਾਂਦੀਆਂ ਵਧੀਕੀਆਂ ਅਤੇ ਇਨਸਾਨੀ ਹਕੂਕ ਦੀ ਕੀਤੀ ਜਾ ਰਹੀ ਪਾਮਾਲੀ ਦੇ ਵਿਰੁੱਧ 22 ਫਰਵਰੀ ਤੋਂ ਲਗਾਤਾਰ ਭੁੱਖ ਹੜਤਾਲ ‘ਤੇ ਬੈਠੇ ਹਨ । ਲੰਬੀ ਭੁੱਖ ਹੜਤਾਲ ਕਾਰਣ ਸਾਰੇ 10 ਨੌਜਵਾਨਾਂ ਦੀ ਸਿਹਤ ਬਹੁਤ ਹੀ ਨਾਜ਼ੁਕ ਬਣੀ ਹੋਈ ਹੈ, ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਿਸੇ ਸਮੇਂ ਵੀ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ । ਉਹਨਾਂ ਨੂੰ ਅਸਾਮ ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਵਾਉਣ ਲਈ ਐਸਜੀਪੀਸੀ ਨੇ ਪੰਜ ਮੈਂਬਰੀ ਕਮੇਟੀ ਬਣਾਈ ਜਿਸਨੇ ਮੁੱਖ ਮੰਤਰੀ ਪੰਜਾਬ ਨਾਲ ਰਾਬਤਾ ਕਾਇਮ ਕਰਕੇ ਭਾਈ ਅਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਵਾਉਣਾ ਸੀ ਪਰੰਤੂ ਹਫਤੇ ਦਾ ਸਮਾਂ ਬੀਤ ਜਾਣ ‘ਤੇ ਵੀ ਮੁੱਖ ਮੰਤਰੀ ਪੰਜਾਬ ਨੇ ਮਿਲਣ ਦਾ ਸਮਾਂ ਨਹੀਂ ਦਿੱਤਾ । ਅਜਿਹੇ ਹਾਲਾਤਾਂ ਵਿੱਚ ਜੇਕਰ ਭਾਈ ਅਮ੍ਰਿਤਪਾਲ ਸਿੰਘ ਅਤੇ ਸਾਥੀਆਂ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰ ਜਾਂਦੀ ਹੈ ਤਾਂ ਉਸਦੀ ਮੁਕੰਮਲ ਜ਼ਿੰਮੇਵਾਰੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦੀ ਹੋਵੇਗੀ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅਦਾਰਾ ‘ਅਬੂ ਜ਼ੈਦ ਨਿਊਜ਼’ ਨਾਲ ਗੱਲਬਾਤ ਕਰਦਿਆਂ ਭਾਈ ਅਮ੍ਰਿਤਪਾਲ ਸਿੰਘ ਦੇ ਬਾਪੂ ਤਰਸੇਮ ਸਿੰਘ ਨੇ ਕੀਤਾ । ਪਿਛਲੇ 16 ਦਿਨਾਂ ਤੋਂ ਡਿਬਰੂਗੜ੍ਹ, ਅਮ੍ਰਿਤਸਰ ਅਤੇ ਕਪੂਰਥਲਾ ਜੇਲ੍ਹ ‘ਚ ਬੰਦ ‘ਵਾਰਿਸ ਪੰਜਾਬ ਦੇ ਜੱਥਬੰਦੀ ਦੇ ਕਰੀਬ 45 ਨੌਜਵਾਨਾਂ ਦੇ ਮਾਪਿਆਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸਾਹਮਣੇ ਹੈਰੀਟੇਜ ਸਟਰੀਟ ਵਿਖੇ ਭੁੱਖ ਹੜਤਾਲ ਕਰਕੇ ਪੱਕਾ ਧਰਨਾ ਲਗਾਇਆ ਹੋਇਆ ਹੈ ਜਿਸ ਵਿੱਚ ਦੇਸ਼ ਵਿਦੇਸ਼ ਤੋਂ ਸੰਗਤ ਵੱਡੀ ਗਿਣਤੀ ‘ਚ ਹਾਜ਼ਰੀ ਭਰਦੀ ਹੈ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਸਰਕਾਰਾਂ ਦੇਸ਼ ਦੀਆਂ ਘੱਟ ਗਿਣਤੀਆਂ ਨਾਲ ਲਗਾਤਾਰ ਧੱਕਾ ਕਰਦੀਆਂ ਆ ਰਹੀਆਂ ਹਨ ਜਿਸ ਨਾਲ ਘੱਟਗਿਣਤੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਪਰੀਵਾਰਾਂ ਨੂੰ ਮੁਲਾਕਾਤ ਤੱਕ ਕਰਨ ਨਹੀਂ ਦੇ ਰਿਹਾ, ਪਿਛਲੇ 7 ਦਿਨ ਤੋਂ ਫੋਨ ਵੀ ਨਹੀਂ ਕਰਨ ਦਿੱਤਾ ਜਾ ਰਿਹਾ ਜੋ ਕਿ ਉਹਨਾਂ ਦਾ ਕਾਨੂੰਨੀ ਹੱਕ ਹੈ । ਬਾਪੂ ਤਰਸੇਮ ਸਿੰਘ ਨੇ ਕਿਹਾ ਕਿ 17 ਮਾਰਚ ਦੇ ਸੱਦੇ ਉੱਤੇ ਸਮੁੱਚੇ ਪੰਜਾਬ ਅਤੇ ਦੁਨੀਆ ਭਰ ਤੋਂ 50 ਹਜ਼ਾਰ ਸਿੱਖ ਸੰਗਤ ਦੇ ਪਹੁੰਚਣ ਦੀ ਉਮੀਦ ਹੈ । ਕੇਂਦਰ ਅਤੇ ਪੰਜਾਬ ਸਰਕਾਰ ਸ਼ਰੇਆਮ ਧੱਕਾ ਕਰ ਰਹੀ ਹੈ ਇਸ ਦੇ ਰੋਸ ਵਜੋਂ ਪ੍ਰੈਸ ਦੇ ਮਾਧਿਅਮ ਰਾਹੀਂ ਭਲਕੇ ਧਰਨੇ ਵਿੱਚ ਸਿੱਖ ਸੰਗਤ ਨੂੰ ਹਾਜਰੀ ਭਰਨ ਪੰਥ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਪੁੱਜਣ ਦੀ ਅਪੀਲ ਕੀਤੀ ਤਾਂ ਕਿ ਸਰਕਾਰਾਂ ਉੱਤੇ ਦਬਾਅ ਬਣਾਇਆ ਜਾ ਸਕੇ ਅਤੇ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਜਾ ਸਕੇ ।
ਫੋਟੋ ਕੈਪਸ਼ਨ: ਅਮ੍ਰਿਤਸਰ ਵਿਖੇ ਦਰਬਾਰ ਸਾਹਿਬ ਦੇ ਬਾਹਰ ਧਰਨੇ ਉੱਤੇ ਬੈਠੇ ਭਾਈ ਅਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਅਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬਾਪੂ ਤਰਸੇਮ ਸਿੰਘ ਅਤੇ ਹੋਰ ।


