ਮਲੇਰਕੋਟਲਾ, 06 ਅਕਤੂਬਰ (ਅਬੂ ਜ਼ੈਦ): ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਬਹੁਚਰਚਿਤ ਭਾਈ ਅਮ੍ਰਿਤਪਾਲ ਸਿੰਘ ਖਾਲਸਾ ਆਪਣੇ ਸਾਥੀਆਂ ਸਮੇਤ ਭੁੱਖ ਹੜਤਾਲ ‘ਤੇ ਬੈਠ ਗਏ ਹਨ । ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਦੇ ਵਕੀਲ ਨੂੰ ਮਿਲਣ ਦੀ ਇਜ਼ਾਜਤ ਨਹੀਂ ਦਿੱਤੀ ਗਈ । ਰਿਪੋਰਟਾਂ ਅਨੁਸਾਰ ਅਮ੍ਰਿਤਪਾਲ ਸਿੰਘ ਦਾ ਸਾਥ ਦੇਣ ਲਈ ਉਹਨਾਂ ਦੀ ਪਤਨੀ ਕਿਰਨਦੀਪ ਕੌਰ ਨੇ ਵੀ ਅਨਸ਼ਨ ਸ਼ੁਰੂ ਕਰ ਦਿੱਤਾ ਹੈ ਅਤੇ ਖਾਣਾ-ਪੀਣਾ ਛੱਡ ਦਿੱਤਾ ਹੈ । ਅਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਪੰਜਾਬ ਪੁਲਿਸ ਅਤੇ ਕੇਂਦਰੀ ਪੁਲਿਸ ਫੋਰਸ ਦੀਆਂ ਕਈ ਏਜੰਸੀਆਂ ਨੇ ਹਜ਼ਾਰਾਂ ਦੀ ਗਿਣਤੀ ‘ਚ ਨਫਰੀ ਲਗਾਕੇ ਫਿਲਮੀ ਅੰਦਾਜ਼ ਵਿੱਚ ਗ੍ਰਿਫਤਾਰ ਕੀਤਾ ਸੀ ਅਤੇ ਰਾਜ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ ਵਿੱਚ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜ ਦਿਤਾ ਗਿਆ ਸੀ । ਅਮ੍ਰਿਤਪਾਲ ਸਿੰਘ ਨੇ ਆਰੋਪ ਲਗਾਇਆ ਹੈ ਕਿ ਉਹਨਾਂ ਦੇ ਵਕੀਲ ਰਾਜ ਦੇਵ ਸਿੰਘ ਖਾਲਸਾ ਨੂੰ ਉਹਨਾਂ ਨਾਲ ਮੁਲਾਕਾਤ ਕਰਨ ਦੀ ਡਿਪਟੀ ਕਮਿਸ਼ਨਰ ਅਮ੍ਰਿਤਸਰ ਵੱਲੋਂ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ । ਪੁਲਿਸ ਅਧਿਕਾਰੀਆਂ ਦਾ ਕਹਿਣਾ ਹ ੈਕਿ ਅਮ੍ਰਿਤਪਾਲ ਸਿੰਘ ਨੇ ਪਹਿਲਾਂ ਆਪਣੇ ਵਕੀਲ ਨਵਕਿਰਣ ਸਿੰਘ ਨਾਲ ਮੁਲਾਕਾਤ ਕੀਤੀ ਹੈ ਅਤੇ ਹੁਣ ਦੂਜੇ ਵਕੀਲ ਰਾਜਦੇਵ ਸਿੰਘ ਖਾਲਸਾ ਨੂੰ ਮਿਲਣਾ ਚਾਹੁੰਦਾ ਹੈ । ਪੁਲਿਸ ਨੇ ਇਹ ਮਾਮਲਾ ਗ੍ਰਹਿ ਸਕੱਤਰ ਨੂੰ ਭੇਜ ਦਿੱਤਾ ਹੈ । ਅਮ੍ਰਿਤਪਾਲ ਸਿੰਘ ਦੀ ਪਤਨੀ ਐਨ.ਆਰ.ਆਈ. ਕਿਰਨਦੀਪ ਕੌਰ ਜੋ ਕਿ ਇੰਗਲੈਂਡ ਦੀ ਰਹਿਣ ਵਾਲੀ ਹੈ ਦਾ ਕਹਿਣਾ ਹੈ ਕਿ ਆਪਣੇ ਵਕੀਲ ਨੂੰ ਮਿਲਣ ਤੋਂ ਰੋਕਣਾ ਉਹਨਾਂ ਦੇ ਅਧਿਕਾਰਾਂ ਦਾ ਹਨਨ ਹੈ ।
