ਮਲੇਰਕੋਟਲਾ, 08 ਅਪ੍ਰੈਲ (ਅਬੂ ਜ਼ੈਦ): ਮਾਲੇਰਕੋਟਲਾ ਦੇ ਏ.ਪੀ.ਆਰ.ਓ ਦੀਪਕ ਕਪੂਰ ਦੇ ਪਿਤਾ ਲਾਲ ਚੰਦ ਕਪੂਰ ਦਾ 7 ਅਪ੍ਰੈਲ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ ਸੀ । ਸਵ.ਲਾਲ ਚੰਦ ਕਪੂਰ 81 ਸਾਲ ਦੇ ਸਨ । ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ । ਬਿਮਾਰੀ ਕਾਰਨ ਉਨ੍ਹਾਂ ਦੀ ਮੌਤ ਹੋ ਗਈ । ਲਾਲ ਚੰਦ ਕਪੂਰ ਸਿਵਲ ਸਰਜਨ ਦਫ਼ਤਰ, ਪਟਿਆਲਾ ਵਿੱਚ ਸੁਪਰਡੈਂਟ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਸਨ । ਉਨ੍ਹਾਂ ਦੀ ਪਤਨੀ ਸਵਰਗੀ ਸਵਤੰਤਰ ਕਪੂਰ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵਿੱਚ ਆਈ.ਪੀ.ਆਰ.ਓ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਸਨ । ਸ਼੍ਰੀ ਕਪੂਰ ਦੀਆਂ ਦੋ ਧੀਆਂ ਅਤੇ ਇੱਕ ਪੁੱਤਰ ਹੈ । ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਮੂਹ ਅਧਿਕਾਰੀਆਂ, ਸਟਾਫ਼ ਮੈਂਬਰਾਂ ਅਤੇ ਸਮੂਹ ਪੱਤਰਕਾਰਾਂ ਨੇ ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਉੱਥੇ ਹੀ ਸਮਾਜਿਕ, ਸਿਆਸੀ ਤੇ ਧਾਰਮਿਕ ਜਥੇਬੰਦੀਆਂ ਦੇ ਵਰਕਰਾਂ ਨੇ ਪਰਿਵਾਰ ਨੂੰ ਹੌਸਲਾ ਦਿੰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।
ਸਵ.ਲਾਲ ਚੰਦ ਕਪੂਰ ਨਾਲ ਲੰਮਾ ਸਮਾਂ ਬਿਤਾਉਣ ਵਾਲੇ ਉਜਾਗਰ ਸਿੰਘ ਨੇ ਕਿਹਾ ਕਿ ਸ਼੍ਰੀ ਕਪੂਰ ਬਹੁਤ ਹੀ ਕੋਮਲ ਸ਼ਖ਼ਸੀਅਤ ਦੇ ਮਾਲਕ ਸਨ ਅਤੇ ਉਨ੍ਹਾਂ ਦੇ ਚਿਹਰੇ ‘ਤੇ ਹਮੇਸ਼ਾ ਮੁਸਕਰਾਹਟ ਰਹਿੰਦੀ ਸੀ, ਜਿਸ ਨਾਲ ਉਨ੍ਹਾਂ ਨੂੰ ਮਿਲਣ ਵਾਲੇ ਵਿਅਕਤੀ ਨੂੰ ਨਵੀਂ ਊਰਜਾ ਮਿਲਦੀ ਸੀ । ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਉੱਚ ਵਿਦਿਆ ਅਤੇ ਉੱਚ ਵਿਚਾਰਾਂ ਨਾਲ ਭਰਪੂਰ ਬਣਾਇਆ, ਜਿਸ ਕਾਰਨ ਅੱਜ ਉਨ੍ਹਾਂ ਦੇ ਬੱਚੇ ਉੱਚ ਅਹੁਦਿਆਂ ‘ਤੇ ਬਿਰਾਜਮਾਨ ਹੋ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ । ਸਵ.ਕਪੂਰ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਕਮੀ ਹਮੇਸ਼ਾ ਮਹਿਸੂਸ ਕੀਤੀ ਜਾਵੇਗੀ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦੇ ਭੋਗ 9 ਅਪ੍ਰੈਲ ਦਿਨ ਐਤਵਾਰ ਨੂੰ ਸ਼੍ਰੀ ਰਾਧਾ ਕ੍ਰਿਸ਼ਨ ਮੰਦਰ, ਮਾਡਲ ਟਾਊਨ ਪਟਿਆਲਾ ਵਿਖੇ ਬਾਅਦ ਦੁਪਹਿਰ 1 ਤੋਂ 2 ਵਜੇ ਤੱਕ ਪਾਏ ਜਾਣਗੇ ।



