ਕਿਸਾਨੀ ਮੰਗਾਂ ਲਈ ਪ੍ਰਾਈਵੇਟ ਮੈਂਬਰ ਬਿੱਲ ਲਿਆਉਣ ਦੀ ਕੀਤੀ ਸਿਫਾਰਸ਼
ਨਵੀਂ ਦਿੱਲੀ/ਮਲੇਰਕੋਟਲਾ, 24 ਜੁਲਾਈ (ਬਿਉਰੋ): ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਨ ਸਿੰਘ ਪੰਧੇਰ ਦੀ ਸਰਪ੍ਰਸਤੀ ‘ਚ ਪੰਜਾਬ, ਹਰਿਆਣਾ, ਤੇਲੰਗਨਾ, ਤਾਮਿਲਨਾਡੂ ਅਤੇ ਕਰਨਾਟਕ ਦੇ ਕਿਸਾਨ ਆਗੂਆਂ ਦਾ 12 ਮੈਂਬਰੀ ਵਫਦ ਲੋਕ ਸਭਾ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੂੰ ਮਿਲਿਆ । ਵਫਦ ਨੇ ਸ੍ਰੀ ਰਾਹੁਲ ਗਾਂਧੀ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਦੇਸ਼ ਦੀ ਸਭ ਤੋਂ ਵੱਡੀ ਪੰਚਾਇਤ ਸੰਸਦ ਵਿੱਚ ਉਠਾਉਣ ਲਈ ਮੰਗ ਪੱਤਰ ਦਿੱਤਾ । ਜਿਸ ‘ਤੇ ਸ੍ਰੀ ਰਾਹੁਲ ਗਾਂਧੀ ਨੇ ਭਰੋਸਾ ਦਿਲਵਾਇਆ ਕਿ ਉਹ ਸੰਸਦ ਵਿੱਚ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣਗੇ ਕਿ ਕਿਸਾਨਾਂ ਦੀਆਂ ਫਸਲਾਂ ‘ਤੇ ਐਮਐਸਪੀ ਦੀ ਗਾਰੰਟੀ ਦਾ ਕਾਨੂੰਨ ਬਣਾਇਆ ਜਾਵੇ । ਕਿਸਾਨਾਂ ਉੱਤੇ ਹਰਿਆਣਾ ਸਰਕਾਰ ਦਾ ਤਸ਼ੱਦਦ ਸਮੇਤ ਮੰਗਾਂ ਦੀ ਪੂਰਤੀ ਲਈ ਸੰਸਦ ਵਿੱਚ ਪਹਿਲ ਦੇ ਅਧਾਰ ‘ਤੇ ਯਤਨ ਕਰਨਗੇ । ਉਹਨਾਂ ਇਹ ਵੀ ਕਿਹਾ ਕਿ ਉਹ ਆਪਣੇ ‘ਇੰਡੀਆ ਗਠਜੋੜ’ ਨਾਲ ਵੀ ਇਸ ਸਬੰਧੀ ਚਰਚਾ ਕਰਨਗੇ । ਕਿਸਾਨ ਆਗੂਆਂ ਨੇ ਰਾਹੁਲ ਗਾਂਧੀ ਨੂੰ ਆਪਣੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਨ ਲਈ ਪ੍ਰਾਈਵੇਟ ਮੈਂਬਰ ਬਿੱਲ ਲਿਆਉਣ ਲਈ ਵੀ ਸਿਫਾਰਿਸ਼ ਕੀਤੀ । ਇਸ ਮੌਕੇ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਨੂਗੋਪਾਲ, ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਗੁਰਜੀਤ ਸਿੰਘ ਔਜਲਾ, ਧਰਮਵੀਰ ਗਾਂਧੀ, ਅਮਰ ਸਿੰਘ, ਦੀਪਿੰਦਰ ਸਿੰਘ ਹੁਡਾ ਅਤੇ ਜੈਪ੍ਰਕਾਸ਼ ਵੀ ਮੌਜੂਦ ਸਨ ।
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੇ ਸੋਮਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਦੇਸ਼ ਭਰ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂਕਣਗੇ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਨੂੰ ਕਾਨੂੰਨੀ ਬਣਾਉਣ ਲਈ ਆਪਣੀਆਂ ਮੰਗਾਂ ਦੀ ਪੂਰਤੀ ਲਈ ਨਵਾਂ ਪ੍ਰਦਰਸ਼ਨ ਸ਼ੁਰੂ ਕਰਨਗੇ । ਇਸ ਵਿਰੋਧ ਦੇ ਹਿੱਸੇ ਵਜੋਂ ਉਹ ਵਿਰੋਧੀ ਧਿਰ ਵੱਲੋਂ ਪ੍ਰਾਈਵੇਟ ਬਿੱਲਾਂ ਦੀ ਹਮਾਇਤ ਲਈ ‘ਲੌਂਗ ਮਾਰਚ’ ਵੀ ਕਰਨਗੇ ਅਤੇ ਅੱਜ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਹ ਐਲਾਨ ਉਸ ਸਮੇਂ ਹੋਇਆ ਜਦੋਂ ਉਹ ਦਿੱਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਜਦੋਂ ਸਮੁੱਚਾ ਦੇਸ਼ ਅਜ਼ਾਦੀ ਦਿਵਸ ਮਨਾਏਗਾ ਉਸ ਦਿਨ ਪ੍ਰਦਰਸ਼ਨਕਾਰੀ ਕਿਸਾਨ 15 ਅਗਸਤ ਨੂੰ ਦੇਸ਼ ਭਰ ਵਿੱਚ ਇੱਕ ਟਰੈਕਟਰ ਰੈਲੀਆਂ ਕੱਢਣਗੇ, ਜਦੋਂ ਦੇਸ਼ ਦਾ ਆਜ਼ਾਦੀ ਦਿਵਸ ਹੈ । ਉਹ ਨਵੇਂ ਅਪਰਾਧਿਕ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜਨਗੇ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਂਝੇ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੇ ਆਗੂਆਂ ਨੇ ਵੀ ਕਿਹਾ ਕਿ ਕਿਸਾਨਾਂ ਦਾ ‘ਦਿੱਲੀ ਕੂਚ’ 31 ਅਗਸਤ ਨੂੰ 200 ਦਿਨ ਪੂਰੇ ਕਰੇਗਾ ਅਤੇ ਲੋਕਾਂ ਨੂੰ ਪੰਜਾਬ ਅਤੇ ਹਰਿਆਣਾ ਦੀਆਂ ਬਰੂਹਾਂ ‘ਤੇ ਖਨੌਰੀ, ਸ਼ੰਭੂ ਆਦਿ ‘ਚ ਪਹੁੰਚਣ ਦੀ ਅਪੀਲ ਕੀਤੀ ।
ਇਸ ਘੋਸ਼ਣਾ ਤੋਂ ਬਾਅਦ, ਉਨ੍ਹਾਂ ਨੇ ਅੱਗੇ ਦੱਸਿਆ ਕਿ ਦੋਵੇਂ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਵੱਲੋਂ 01 ਸਤੰਬਰ ਨੂੰ ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ ਵਿੱਚ ਇੱਕ ਵਿਸ਼ਾਲ ਰੈਲੀ ਕੀਤੇ ਜਾਵੇਗੀ । 15 ਸਤੰਬਰ ਨੂੰ ਹਰਿਆਣਾ ਦੇ ਜੀਂਦ ਜ਼ਿਲ੍ਹੇ ਵਿੱਚ ਇੱਕ ਰੈਲੀ ਕੀਤੀ ਜਾਵੇਗੀ ਅਤੇ 22 ਸਤੰਬਰ ਨੂੰ ਇੱਕ ਹੋਰ ਰੈਲੀ ਹਰਿਆਣਾ ਦੇ ਪਿੱਪਲੀ ਵਿੱਚ ਕੀਤੀ ਜਾਵੇਗੀ।



