ਚੰਡੀਗੜ੍ਹ/ਮਲੇਰਕੋਟਲਾ, 17 ਨਵੰਬਰ (ਬਿਉਰੋ): ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ 9 ਬੰਦੀ ਸਿੰਘਾਂ ਗੁਰਦੀਪ ਸਿੰਘ ਖੇੜਾ, ਦਵਿੰਦਰਪਾਲ ਸਿੰਘ ਭੁੱਲਰ, ਬਲਵੰਤ ਸਿੰਘ ਰਾਜੋਆਣਾ, ਜਗਤਾਰ ਸਿੰਘ ਹਵਾਰਾ, ਲਖਵਿੰਦਰ ਸਿੰਘ ਲੱਖਾ, ਗੁਰਮੀਤ ਸਿੰਘ, ਸ਼ਮਸ਼ੇਰ ਸਿੰਘ, ਪਰਮਜੀਤ ਸਿੰਘ ਭਿਉਰਾ ਅਤੇ ਜਗਤਾਰ ਸਿੰਘ ਤਾਰਾ ਦੀ ਰਿਹਾਈ ਲਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਵਫਦ ਨੇ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ । ਇਸ ਮੌਕੇ ਵਫਦ ਵੱਲੋਂ ਸ੍ਰੋਮਣੀ ਕਮੇਟੀ ਦੀ ਦਸਤਖਤੀ ਮੁਹਿੰਮ ਤਹਿਤ ਸੰਗਤ ਵੱਲੋਂ ਭਰੇ ਗਏ 26 ਲੱਖ ਪ੍ਰਫਾਰਮੇ ਟਰੱਕ ਰਾਹੀਂ ਅੰਮ੍ਰਿਤਸਰ ਤੋਂ ਚੰਡੀਗੜ੍ਹ ਲਿਆਂਦੇ ਗਏ ਜਿਹਨਾਂ ਨੂੰ ਇਜ਼ਾਜਤ ਨਾ ਮਿਲਣ ਕਾਰਣ ਉਹਨਾਂ ਦਾ ਸਮੁੱਚਾ ਵੇਰਵਾ ਡਿਜੀਟਲ ਰੂਪ ਵਿੱਚ ਮੰਗ ਪੱਤਰਾਂ ਸਮੇਤ ਰਾਜਪਾਲ ਨੂੰ ਸੌਂਪਿਆ ਗਿਆ । ਰਾਜਪਾਲ ਨੂੰ ਰਾਸ਼ਟਰਪਤੀ ਦੋਰਪਤੀ ਮੁਰਮੁਰ ਦੇ ਨਾਂਅ ‘ਤੇ ਦਿੱਤੇ ਗਏ ਮੰਗ ਪੱਤਰ ਵਿੱਚ ਉਮਰ ਕੈਦ ਤੋਂ ਦੁਗਣੀਆਂ ਸਜ਼ਾਵਾਂ ਭੁਗਤ ਚੁੱਕੇ 9 ਬੰਦੀ ਸਿੰਘਾਂ ਦੀ ਰਿਹਾਈ ਮੰਗੀ ਗਈ ਹੈ ।
ਇਸ ਤੋਂ ਇਲਾਵਾ ਰਾਸ਼ਟਰਪਤੀ ਦੇ ਨਾਂਅ ਦਿੱਤੇ ਇੱਕ ਹੋਰ ਮੰਗ ਪੱਤਰ ਰਾਹੀਂ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ‘ਚ ਤਬਦੀਲੀ ਦੇ ਮਾਮਲੇ ਦੇ ਹੱਲ ਦੀ ਅਪੀਲ ਕੀਤੀ ਗਈ ਹੈ ਜਿਹਨਾਂ ਨੂੰ 17 ਸਾਲਾਂ ਤੋਂ ਫਾਂਸੀ ਵਾਲੀ 8-8 ਦੀ ਸੈਲ ਵਿੱਚ ਰੱਖਿਆ ਹੋਇਆ ਹੈ। ਇਸ ਦੇ ਨਾਲ ਹੀ ਵਫਦ ਵੱਲੋ ਰਾਜਪਾਲ ਨੂੰ ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਵਿੱਚ ਕੀਤੀ ਛੇੜਛਾੜ ਦੇ ਮਾਮਲੇ ‘ਚ ਗੰਭੀਰ ਵਿਚਾਰ ਅਤੇ ਫੈਸਲਾ ਲੈਣ ਲਈ ਕਿਹਾ ਗਿਆ। ਰਾਜਪਾਲ ਨਾਲ ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਐਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਨਾਲ ਦੇਸ਼ ਅਤੇ ਸੂਬਾ ਸਰਕਾਰਾਂ ਵੱਲੋਂ ਕੀਤਾ ਗਿਆ ਵਿਤਕਰਾ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ । ਸੰਗਤ ਦੀਆਂ ਭਾਵਨਾਵਾਂ ਦੇਸ਼ ਦੀ ਰਾਸ਼ਟਰਪਤੀ ਤੱਕ ਪਹੁੰਚਾਉਣ ਲਈ ਰਾਜਪਾਲ ਪੰਜਾਬ ਤੱਕ ਪਹੁੰਚ ਕੀਤੀ ਗਈ ਜਿਸ ਤੇ ਰਾਜਪਾਲ ਨੇ ਸਾਰੇ ਕੇਸ ਜਲਦ ਭਾਰਤ ਸਰਕਾਰ ਪਾਸ ਭੇਜਣ ਦਾ ਭਰੋਸਾ ਦਿਲਵਾਇਆ ।



