ਮਲੇਰਕੋਟਲਾ ਤੋਂ ਮੁਸਲਿਮ ਭਾਈਚਾਰੇ ਵੱਲੋਂ ਲਗਾਏ ਗਏ ਮਿੱਠੇ ਚੌਲਾਂ ਦੇ ਲੰਗਰ
ਚੰਡੀਗੜ੍ਹ/ਮਲੇਰਕੋਟਲਾ, 09 ਜਨਵਰੀ (ਅਬੂ ਜ਼ੈਦ): ਚੰਡੀਗੜ੍ਹ-ਮੋਹਾਲੀ ਦੀਆਂ ਬਰੂਹਾਂ ‘ਤੇ ਕੌਮੀ ਇਨਸਾਫ ਮੋਰਚੇ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀਆਂ ਦੇ ਇਨਸਾਫ ਲਈ 7 ਜਨਵਰੀ 2023 ਤੋਂ ਪੱਕਾ ਧਰਨਾ ਲਗਾਇਆ ਹੋਇਆ ਹੈ । ਮੋਰਚੇ ਦੇ ਤਿੰਨ ਸਾਲ ਪੂਰੇ ਹੋਣ ‘ਤੇ ਪੰਜਾਬ ਭਰ ਤੋਂ ਸਿੱਖ ਸੰਗਤ, ਕਿਸਾਨ ਜੱਥੇਬੰਦੀਆਂ, ਸਮਾਜਸੇਵੀ ਸੰਸਥਾਵਾਂ ਅਤੇ ਜਾਗਦੀ ਜ਼ਮੀਰ ਵਾਲੇ ਲੋਕਾਂ ਦਾ ਵੱਡਾ ਇਕੱਠ ਹੋਇਆ ਅਤੇ ਮੋਰਚੇ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ । ਇਸ ਮੌਕੇ ਮਲੇਰਕੋਟਲਾ ਤੋਂ ਮੁਸਲਿਮ ਭਾਈਚਾਰੇ ਵੱਲੋਂ ਮੁਹੰਮਦ ਜਮੀਲ ਐਡਵੋਕੇਟ, ਮਹਿਮੂਦ ਅਹਿਮਦ ਥਿੰਦ, ਡਾ. ਮੇਹਰਦੀਨ ਦੀ ਅਗਵਾਈ ਵਿੱਚ ਮਿੱਠੇ ਚੌਲਾਂ ਦੇ ਲੰਗਰ ਲਗਾਏ ਗਏ । ਮੋਰਚਾ ਤਾਲਮੇਲ ਕਮੇਟੀ ਵੱਲੋਂ ਜੱਥੇਦਾਰ ਜਗਤਾਰ ਸਿੰਘ ਹਵਾਰਾ ਦੇ ਬਾਪੂ ਗੁਰਚਰਨ ਸਿੰਘ ਨੇ ਮੁਸਲਿਮ ਭਾਈਚਾਰੇ ਦਾ ਹਾਰਦਿਕ ਸਵਾਗਤ ਅਤੇ ਧੰਨਵਾਦ ਕੀਤਾ ।
ਐਡਵੋਕੇਟ ਮੁਹੰਮਦ ਜਮੀਲ ਨੇ ਸਾਡੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੋਰਚੇ ਵਿੱਚ ਹਰ ਧਰਮ, ਜਾਤ, ਸਮਾਜ ਦੇ ਲੋਕਾਂ ਹਾਜ਼ਰੀ ਲਗਵਾਈ ਅਤੇ ਸਰਕਾਰਾਂ ਨੂੰ ਵੱਖ-ਵੱਖ ਮੀਡੀਆ ਸੰਸਥਾਨਾਂ ਰਾਹੀਂ ਅਪੀਲ ਕੀਤੀ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇ ਅਤੇ ਸ੍ਰੀ ਗੁਰੁ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਦਾ ਇਨਸਾਫ ਦਿਲਵਾਇਆ ਜਾਵੇ । ਉਹਨਾਂ ਕਿਹਾ ਕਿ ਦੇਸ਼ ਦੇ ਵੱਡੇ ਅਪਰਾਧੀ ਗੁਰਮੀਤ ਰਾਮ ਰਹੀਮ ਜੋ ਕਤਲ ਅਤੇ ਬਲਾਤਕਾਰ ਦੇ ਦੋਸ਼ਾਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ ਉਸ ਨੂੰ 15 ਵਾਰ ਪੈਰੋਲ ਮਿਲ ਚੁੱਕੀ ਹੈ, ਰੇਪਿਸਟ ਆਸਾਰਾਮ ਨੂੰ ਆਏ ਦਿਨ ਪੈਰੋਲ ਮਿਲ ਜਾਂਦੀ ਹੈ, ਬੀਜੇਪੀ ਦੇ ਸਾਬਕਾ ਵਿਧਾਇਕ ਕੁਲਦੀਪ ਸੇਂਗਰ ਨੂੰ ਉਮਰ ਕੈਦ ਤੋਂ ਜਮਾਨਤ ਮਿਲ ਜਾਂਦੀ ਹੈ ਅਤੇ ਸਜ਼ਾ ਮਾਫ ਹੋ ਜਾਂਦੀ ਹੈ । ਦੇਸ਼ ਦੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਜੇਲ੍ਹ ਵਿੱਚੋਂ ਛੱਡ ਦਿਤਾ ਜਾਂਦੈ । ਪਰੰਤੂ ਸਿੱਖ ਬੰਦੀਆਂ ਨੂੰ 32-32 ਸਾਲਾਂ ਤੋਂ ਪੈਰੋਲ ਵੀ ਨਹੀਂ ਦਿੱਤੀ ਗਈ । ਦੇਸ਼ ਦੀਆਂ ਘੱਟਗਿਣਤੀਆਂ ਦੇ ਹੱਕ ਮਾਰੇ ਜਾ ਰਹੇ ਹਨ । ਇਹ ਦੇਸ਼ ਦੀ ਨਿਆਂਪਾਲਿਕਾ ਦਾ ਦੋਹਰਾ ਰਵੱਈਆ ਹੈ । ਜੱਥੇਦਾਰ ਜਗਤਾਰ ਸਿੰਘ ਹਵਾਰਾ ਜੋ ਪਿਛਲੇ 32 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ । ਸਾਰੇ ਕੇਸਾਂ ਵਿੱਚ ਉਹ ਬਰੀ ਹੋ ਚੁੱਕੇ ਹਨ । ਉਹਨਾਂ ਦੀ ਬਿਰਧ ਮਾਤਾ ਅਮਰੀਕਾ ਤੋਂ ਵਿਸ਼ੇਸ਼ ਤੌਰ ‘ਤੇ ਆਪਣੀ ਜ਼ਿੰਦਗੀ ਦੇ ਆਖਰੀ ਸਾਹ ਆਪਣੇ ਪੁੱਤਰ ਦੇ ਕੋਲ ਗੁਜਾਰਨਾ ਚਾਹੁੰਦੇ ਹਨ ਪਰੰਤੂ ਉਹਨਾਂ ਨੂੰ ਪੈਰੋਲ ਤੱਕ ਨਹੀਂ ਦਿਤੀ ਗਈ । 66 ਪਿੰਡਾਂ ਦੀਆਂ ਪੰਚਾਇਤਾਂ ਅਤੇ ਮੁਸਲਿਮ ਭਾਈਚਾਰੇ ਵੱਲੋਂ ਮਤੇ ਪਾ ਕੇ ਦਿੱਲੀ ਸਰਕਾਰ ਦੀ ਮੁੱਖ ਮੰਤਰੀ ਨੂੰ ਦਿੱਤੇ ਗਏ ਕਿ ਜੱਥੇਦਾਰ ਹਵਾਰਾ ਨੂੰ ਪੈਰੋਲ ਦਿਤੀ ਜਾਵੇ ।
ਪ੍ਰੈਸ ਦੇ ਮਾਧਿਅਮ ਰਾਹੀਂ ਮੁਸਲਿਮ ਭਾਈਚਾਰੇ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇ, ਹੋਰ ਵੀ ਵੱਖ-ਵੱਖ ਧਰਮਾਂ ਦੇ ਬੇਕਸੂਰ ਜੇਲ੍ਹਾਂ ‘ਚ ਬੰਦ ਨੌਜਵਾਨਾਂ ਨੂੰ ਰਿਹਾਅ ਕੀਤਾ ਜਾਵੇ ਅਤੇ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਕਰਨ ਵਾਲਿਆਂ ਨੂੰ ਸਖਤ ਸਜ਼ਾਵਾਂ ਦੇਣ ਲਈ ਕਾਨੂੰਨ ਬਣਾਇਆ ਜਾਵੇ ।



