ਆਪ’ ਆਗੂਆਂ ਵੱਲੋਂ ਚੰਡੀਗੜ੍ਹ ਬੀਜੇਪੀ ਦਫਤਰ ਸਾਹਮਣੇ ਧਰਨਾ ਪ੍ਰਦਰਸ਼ਨ , ਪੁਲਿਸ ਵੱਲੋਂ ਮੰਤਰੀਆਂ ਤੇ ਹੋਰ ਸੀਨੀਅਰ ਆਗੂਆਂ ਨੂੰ ਲਿਆ ਗਿਆ ਹਿਰਾਸਤ ਵਿੱਚ
ਚੰਡੀਗੜ੍ਹ/ਮਲੇਰਕੋਟਲਾ, 27 ਫਰਵਰੀ (ਬਿਉਰੋ): ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦੇ ਖ਼ਿਲਾਫ਼ ‘ਆਪ’ ਆਗੂਆਂ ਨੇ ਅੱਜ ਸੋਮਵਾਰ ਨੂੰ ਚੰਡੀਗੜ੍ਹ ‘ਚ ਭਾਜਪਾ ਦਫ਼ਤਰ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ। ਧਰਨੇ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਨਮੋਲ ਗਗਨ ਮਾਨ, ਲਾਲਚੰਦ ਕਟਾਰੂਚੱਕ, ਬ੍ਰਹਮ ਸ਼ੰਕਰ ਜਿੰਪਾ, ਡਾ: ਬਲਬੀਰ ਸਿੰਘ, ਹਰਜੋਤ ਬੈਂਸ, ਹਰਭਜਨ ਸਿੰਘ ਈਟੀਓ, ਲਾਲਜੀਤ ਸਿੰਘ ਭੁਲੱਰ, ਚੇਤਨ ਸਿੰਘ ਜੌੜੇ ਮਾਜਰਾ, ਡਾ. ਇੰਦਰਬੀਰ ਸਿੰਘ ਨਿੱਝਰ ਅਤੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸਾਕਿਬ ਅਲੀ ਰਾਜਾ ਸਮੇਤ ਵੱਡੀ ਗਿਣਤੀ ‘ਚ ਪਾਰਟੀ ਵਰਕਰ ਮੌਜੂਦ ਸਨ । ‘ਆਪ’ ਆਗੂਆਂ ਨੇ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ’ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜਮਕੇ ਨਾਅਰੇਬਾਜ਼ੀ ਕੀਤੀ । ਨਾਅਰਿਆਂ ਰਾਹੀਂ ਸਿਸੋਦੀਆ ਦੀ ਗ੍ਰਿਫ਼ਤਾਰੀ ਨੂੰ ਤਾਨਾਸ਼ਾਹੀ ਫ਼ੈਸਲਾ ਦੱਸਿਆ ਅਤੇ ਅਜਿਹੀ ਕਾਰਵਾਈ ਨੂੰ ਲੋਕਤੰਤਰ ਦਾ ਘਾਣ ਕਿਹਾ ।
ਧਰਨੇ ਉਪਰੰਤ ਅਦਾਰਾ ਅਬੂ ਜ਼ੈਦ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਯੋਜਨਾ ਬੋਰਡ ਮਲੇਰਕੋਟਲਾ ਦੇ ਚੇਅਰਮੈਨ ਸਾਕਿਬ ਅਲੀ ਖਾਨ ਨੇ ਕਿਹਾ ਕਿ ਭਾਜਪਾ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦਾ ਦੁਰਉਪਯੋਗ ਕਰ ਰਹੀ ਹੈ ਜੋ ਕਿ ਲੋਕਤੰਤਰ ਦਾ ਘਾਣ ਹੈ । ਭਾਜਪਾ ‘ਆਪ’ ਨੇਤਾਵਾਂ ‘ਤੇ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ ‘ਚ ਡੱਕ ਰਹੀ ਹੈ ਜੋਕਿ ਉਸਦੀ ਬੋਖਲਾਹਟ ਦਾ ਪ੍ਰਮਾਣ ਹੈ।
ਸ੍ਰੀ ਖਾਨ ਨੇ ਕਿਹਾ ਕਿ ਦਿੱਲੀ ਦੇ ਸਿੱਖਿਆ ਮੰਤਰੀ ਵਜੋਂ ਮਨੀਸ਼ ਸਿਸੋਦੀਆ ਵਿਸ਼ਵ ਪੱਧਰ ਤੇ ਆਪਣੀ ਕਾਬਲਿਅਤ ਦਾ ਲੋਹਾ ਮਨਵਾ ਚੁੱਕੇ ਨੇ ਜੋ ਦਿੱਲੀ ਦਰਬਾਰ ਤੋਂ ਬਰਦਾਸ਼ਤ ਨਹੀਂ ਹੋ ਰਿਹਾ । ਉਨਾਂ ਗ਼ਰੀਬ ਬੱਚਿਆਂ ਲਈ ਚੰਗੀ ਸਿੱਖਿਆ ਦਾ ਪ੍ਰਬੰਧ ਕੀਤਾ। ਅੱਜ ਦਿੱਲੀ ਵਿੱਚ ਸਰਕਾਰੀ ਸਕੂਲਾਂ ਵਿੱਚ ਅਮੀਰ ਅਤੇ ਗ਼ਰੀਬ ਦੋਨਾਂ ਦੇ ਬੱਚੇ ਇਕੱਠੇ ਪੜ੍ਹ ਰਹੇ ਹਨ। ਮਨੀਸ਼ ਸਿਸੋਦੀਆ ਨੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਈ ਦਿੱਲੀ ਵਿੱਚ ਸਕੂਲ ਆਫ਼ ਐਮੀਨੈਂਸ ਬਣਵਾਏ । ਅੱਜ ਦਿੱਲੀ ਦੇ ਬੱਚੇ ਇਨ੍ਹਾਂ ਸਕੂਲਾਂ ਵਿੱਚ ਪੜ੍ਹ ਕੇ ਆਈਆਈਟੀ ਅਤੇ ਏਮਜ਼ ਵਿੱਚ ਜਾ ਰਹੇ ਹਨ। ਦਿੱਲੀ ਵਿੱਚ ਸਿੱਖਿਆ ਕ੍ਰਾਂਤੀ ਤੋਂ ਡਰਦਿਆਂ ਭਾਜਪਾ ਨੇ ਮਨੀਸ਼ ਸਿਸੋਦੀਆ ਨੂੰ ਝੂਠੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ।
ਉਨ੍ਹਾਂ ਕਿਹਾ ਕਿ ਈਡੀ ਨੇ ਕਈ ਵਾਰ ਮਨੀਸ਼ ਸਿਸੋਦੀਆ ਦੇ ਘਰ ਛਾਪੇਮਾਰੀ ਕੀਤੀ ਅਤੇ ਬੈਂਕ ਖਾਤਿਆਂ ਦੀ ਤਲਾਸ਼ ਲਈ, ਪਰ ਕੁੱਝ ਨਹੀਂ ਮਿਲਿਆ। ਸੀਬੀਆਈ ਨੇ ਮੋਦੀ ਸਰਕਾਰ ਦੇ ਦਬਾਅ ਹੇਠ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਹੈ। ਭਾਜਪਾ ਦਾ ਮਕਸਦ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕਰਨਾ ਨਹੀਂ ਸਗੋਂ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਰੋਕਣਾ ਹੈ। ਪਰ ਆਮ ਆਦਮੀ ਪਾਰਟੀ ਰੁਕਣ ਵਾਲੀ ਨਹੀਂ ਹੈ। ਜਲਦੀ ਹੀ ਸਾਰਾ ਸੱਚ ਲੋਕਾਂ ਦੇ ਸਾਹਮਣੇ ਆ ਜਾਵੇਗਾ । ਇਸ ਦੌਰਾਨ ਭਾਜਪਾ ਦਫ਼ਤਰ ਦੇ ਬਾਹਰ ਸ਼ਾਂਤਮਈ ਧਰਨਾ ਦੇ ਰਹੇ ਕੈਬਨਿਟ ਮੰਤਰੀਆਂ ਸਮੇਤ ‘ਆਪ’ ਦੇ ਕਈ ਸੀਨੀਅਰ ਆਗੂਆਂ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ।



